ਕਿਸਾਨਾਂ ਨੇ ਏਨੇ ਰੁਪਏ ਚੱਕ ਦਿੱਤੇ ਦੁੱਧ ਦੇ ਭਾਅ

ਮਹਿੰਗਾਈ ਦਿਨੋਂ ਦੀ ਵਧਦੀ ਜਾ ਰਹੀ ਹੈ ਅਤੇ ਹਰ ਰੋਜ਼ ਘਰਾਂ ਵਿੱਚ ਵਰਤੀਆਂ ਜਾਂ ਵਾਲੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ ਰਹੇ ਹਨ। ਇਸੇ ਵਿਚਕਾਰ ਹੁਣ ਡੇਅਰੀ ਫਾਰਮਿੰਗ ਕਰਨ ਵਾਲੇ ਕਿਸਾਨਾਂ ਨੇ ਵੀ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਸ਼ੂਆਂ ਦੀ ਫੀਡ ਦੀਆਂ ਕੀਮਤ ਵੀ ਲਗਾਤਾਰ ਵੱਧ ਰਹੀਆਂ ਹਨ ਅਤੇ ਉਨ੍ਹਾਂ ਨੂੰ ਫੀਡ ਉੱਤੇ ਕੋਈ ਸਬਸਿਡੀ ਵੀ ਨਹੀਂ ਮਿਲ ਰਹੀ। ਜਿਸ ਕਾਰਨ ਉਨ੍ਹਾਂ ਨੂੰ ਹੁਣ ਦੁੱਧ ਦੇ ਭਾਅ ਵਧਾਉਣੇ ਪੈ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਅੱਜ ਲੁਧਿਆਣਾ ਵਿੱਚ ਡੇਅਰੀ ਫਾਰਮਰਾਂ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਪੂਰੇ ਪੰਜਾਬ ਵਿੱਚ ਦੁੱਧ ਦੀਆਂ ਕੀਮਤਾਂ ਦੇ ਵਿਚ ਇਜ਼ਾਫਾ ਕਰਨ ਜਾ ਰਹੇ ਹਨ। ਇਹ ਵਾਧਾ 3 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਕੀਤਾ ਗਿਆ ਹੈ, ਜੋ ਕਿ ਇੱਕ ਦਸੰਬਰ ਤੋਂ ਪੂਰੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇਸੇ ਵਿਚਕਾਰ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੀਮਤਾਂ ਵਿਚ ਹੋਰ ਵਧਣ ਦੀ ਸੰਭਾਵਨਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪਸ਼ੂਪਾਲਨ ਦਾ ਖਰਚਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਮਾਮਲੇ ਬਾਰੇ ਗੱਲਬਾਤ ਕਰਦਿਆਂ ਹੈਬੋਵਾਲ ਡੇਅਰੀ ਕੰਪਲੈਕਸ ਦੇ ਚੇਅਰਮੈਨ ਪਰਮਜੀਤ ਸਿੰਘ ਨੇ ਦੱਸਿਆ ਕਿ ਲਗਾਤਾਰ ਵਧ ਰਹੀ ਮਹਿੰਗਾਈ ਕਾਰਨ ਉਨ੍ਹਾਂ ਨੂੰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਪੈ ਰਿਹਾ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਤੂੜੀ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਫੀਡ ਵਿਚ ਵੀ ਕੋਈ ਸਬਸਿਡੀ ਨਾ ਮਿਲਣ ਕਾਰਨ ਡੇਅਰੀ ਫਾਰਮਰਾਂ ਵੱਲੋਂ ਇਹ ਫ਼ੈਸਲਾ ਲੈਂਦਿਆਂ 3 ਰੁਪਏ ਪ੍ਰਤੀ ਕਿੱਲੋ ਦੇ ਦੁੱਧ ਦੇ ਰੇਟ ਵਧਾ ਦਿੱਤੇ ਗਏ ਹਨ, ਉਨ੍ਹਾਂ ਨੇ ਦੱਸਿਆ ਕਿ ਜੇਕਰ ਹਾਲਾਤ ਇਸੇ ਤਰਾਂ ਰਹੇ ਤਾਂ ਉਨ੍ਹਾਂ ਨੂੰ ਆਉਣ ਵਾਲੇ ਸਮੇ ਵਿੱਚ ਡੇਅਰੀ ਫਾਰਮਿੰਗ ਦਾ ਕੰਮ ਹੀ ਬੰਦ ਕਰਨਾ ਪਵੇਗਾ।

Leave a Reply

Your email address will not be published. Required fields are marked *